ਕਿਹਾ ! ਬੁੱਢੇ ਨਾਲੇ ਦੀ ਸਫ਼ਾਈ ‘ਚ ਲਿਆਂਦੀ ਜਾਵੇ ਤੇਜ਼ੀ ਤਾਂ ਜੋ ਇਸ ਨੂੰ ਬੁੱਢੇ ਦਰਿਆ ਵਿੱਚ ਤਬਦੀਲ ਕੀਤਾ ਜਾ ਸਕੇ; ਬੁੱਢੇ ਨਾਲੇ ‘ਤੇ ਬਣੇ ਸਾਰੇ ਪੁਲਾਂ ਨੂੰ ਕੀਤਾ ਜਾਵੇ ਮਜ਼ਬੂਤ, ਬਨੇਰਿਆਂ ‘ਤੇ ਲੋਹੇ ਦੇ ਜਾਲ ਲਗਾਏ ਜਾਣ – ਵਿਧਾਇਕ ਗੋਗੀ
ਲੁਧਿਆਣਾ: ਲੁਧਿਆਣਾ ਪੱਛਮੀ ਤੋਂ ਵਿਧਾਇਕ ਸ੍ਰੀ ਗੁਰਪ੍ਰੀਤ ਬੱਸੀ ਗੋਗੀ ਨੇ ਅੱਜ ਨਗਰ ਨਿਗਮ ਲੁਧਿਆਣਾ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬੁੱਢੇ ਨਾਲੇ ਦੇ ਸਾਰੇ ਬੰਨ੍ਹਾਂ ਦੀ ਮਜ਼ਬੂਤੀ ਦੇ ਨਾਲ-ਨਾਲ ਇਸਦੇ ਕਿਨਾਰਿਆਂ ਦੇ ਸੁੰਦਰੀਕਰਣ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬੁੱਢੇ ਨਾਲੇ ਦੀ ਸਫ਼ਾਈ ਵਿੱਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਇਸ ਨੂੰ ਬੁੱਢੇ ਦਰਿਆ ਵਿੱਚ ਤਬਦੀਲ ਕੀਤਾ ਜਾ ਸਕੇ ਜਿਸ ਨਾਲ ਇਲਾਕਾ ਵਾਸੀਆਂ ਨੂੰ ਫਾਇਦਾ ਹੋ ਸਕੇ।
ਵਿਧਾਇਕ ਸ੍ਰੀ ਗੋਗੀ ਨੇ ਅੱਜ ਨਗਰ ਨਿਗਮ ਦੇ ਸੀਨੀਅਰ ਅਧਿਕਾਰੀਆਂ ਦੇ ਨਾਲ ਸ਼ਹਿਰ ਦੇ ਗੋਪਾਲ ਨਗਰ ਇਲਾਕੇ ਦਾ ਦੌਰਾ ਕੀਤਾ ਅਤੇ ਸਟਾਫ਼ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਗੋਗੀ ਨੇ ਦੱਸਿਆ ਕਿ ਬੁੱਢੇ ਨਾਲੇ ਦਾ ਕਰੀਬ 8 ਕਿਲੋਮੀਟਰ ਦਾ ਹਿੱਸਾ ਉਨ੍ਹਾਂ ਦੇ ਹਲਕਾ ਲੁਧਿਆਣਾ ਪੱਛਮੀ ਵਿੱਚੋਂ ਲੰਘਦਾ ਹੈ। ਉਨ੍ਹਾਂ ਕਿਹਾ ਕਿ ਇਸ ਹਲਕੇ ਦੇ ਲੋਕਾਂ ਨੇ ਉਨ੍ਹਾਂ ‘ਤੇ ਵਿਸ਼ਵਾਸ਼ ਜਤਾਇਆ ਹੈ ਅਤੇ ਉਨ੍ਹਾਂ ਭਰੋਸਾ ਦਿਵਾਇਆ ਹੈ ਕਿ ਉਹ ਉਨ੍ਹਾਂ ਦੀ ਭਲਾਈ ਲਈ ਤਨਦੇਹੀ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਠੋਸ ਰਹਿੰਦ ਖੂੰਹਦ ਨੂੰ ਨਾਲੇ ਵਿੱਚ ਨਾ ਡਿੱਗਣ ਨੂੰ ਯਕੀਨੀ ਬਣਾਉਣ ਲਈ ਨਾਲੇ ਦੇ ਨਾਲ ਸਟੈਟਿਕ ਕੰਪੈਕਟਰ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੁਰੱਖਿਆ ਦੇ ਮਕਸਦ ਨਾਲ ਨਾਲੇ ਦੇ ਦੋਨਾਂ ਪਾਸੇ ਲੋਹੇ ਦੇ ਜਾਲ ਵੀ ਲਗਾਏ ਜਾ ਰਹੇ ਹਨ।
ਇਸ ਮੌਕੇ ਉਨ੍ਹਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਬੁੱਢੇ ਨਾਲੇ ‘ਤੇ ਬਣੇ ਸਾਰੇ ਪੁਲਾਂ ਨੂੰ ਮਜ਼ਬੂਤ ਕੀਤਾ ਜਾਵੇ ਅਤੇ ਉਨ੍ਹਾਂ ਦੇ ਬਨੇਰਿਆਂ ‘ਤੇ ਲੋਹੇ ਦੇ ਜਾਲ ਲਗਾਏ ਜਾਣ।