ਜਗਰਾਉਂ/ਲੁਧਿਆਣਾ: ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ ਡਾ. ਅਮਨਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ 04 ਅਕਤੂਬਰ, 2022 ਦਿਨ ਮੰਗਲਵਾਰ ਨੂੰ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਅਤੇ ਖੇਤੀ ਪ੍ਰਦਰਸ਼ਨੀ ਦਾ ਆਯੋਜਨ ਨਵੀਂ ਦਾਣਾ ਮੰਡੀ, ਜਗਰਾਉਂ ਵਿਖੇ ਕਰਵਾਇਆ ਜਾ ਰਿਹਾ ਹੈ। ਮਾਣਯੋਗ ਖੇਤੀਬਾੜੀ ਮੰਤਰੀ ਸ.ਕੁਲਦੀਪ ਸਿੰਘ ਧਾਲੀਵਾਲ ਇਸ ਕੈਂਪ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।
ਕੈਂਪ ਦਾ ਉਦਘਾਟਨ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਵੱਲੋਂ ਕੀਤਾ ਜਾਵੇਗਾ ਜਦਕਿ ਵਿਧਾਨ ਸਭਾ ਹਲਕਾ ਜਗਰਾਉਂ ਤੋਂ ਵਿਧਾਇਕਾ ਸ਼੍ਰੀਮਤੀ ਸਰਵਜੀਤ ਕੌਰ ਮਾਣੂੰਕੇ ਵਿਸ਼ੇਸ ਮਹਿਮਾਨ ਵਜੋਂ ਸ਼ਾਮਲ ਹੋਣਗੇ।
ਮੁੱਖ ਖੇਤੀਬਾੜੀ ਅਫਸਰ ਡਾ. ਅਮਨਜੀਤ ਸਿੰਘ ਨੇ ਅੱਗੇ ਦੱਸਿਆ ਕਿ ਇਸ ਕੈਂਪ ਦੌਰਾਨ ਪੀ.ਏ.ਯੂ. ਅਤੇ ਖੇਤੀਬਾੜੀ ਵਿਭਾਗ ਅਤੇ ਵੱਖ-ਵੱਖ ਵਿਸ਼ਾ-ਵਸਤੂ ਮਾਹਿਰਾਂ ਵੱਲੋਂ ਹਾੜ੍ਹੀ ਦੀਆਂ ਫਸਲਾਂ ਦੀ ਤਕਨੀਕੀ ਜਾਣਕਾਰੀ ਕਿਸਾਨਾਂ ਨਾਲ ਸਾਂਝੀ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਇਸ ਕੈਂਪ ਦਾ ਮੁੱਖ ਆਕਰਸ਼ਣ ਵੱਖ-ਵੱਖ ਵਿਭਾਗਾਂ ਅਤੇ ਸਵੈ-ਸਹਾਇਤਾ ਸਮੂਹਾਂ (ਸੈਲਫ ਹੈਲਪ ਗਰੁੱਪਾਂ) ਦੇ ਖੇਤੀਬਾੜੀ ਨਾਲ ਸਬੰਧਤ ਪ੍ਰਦਰਸ਼ਨੀ ਸਟਾਲ ਹੋਣਗੇ। ਇਸ ਸਮਾਰੋਹ ਦੀ ਪ੍ਰਧਾਨਗੀ ਮਾਨਯੋਗ ਡਾ. ਗੁਰਵਿੰਦਰ ਸਿੰਘ, ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਕਰਨਗੇ।
ਮੁੱਖ ਖੇਤੀਬਾੜੀ ਅਫਸਰ ਡਾ. ਅਮਨਜੀਤ ਸਿੰਘ ਵੱਲੋਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਮਾਗਮ ਮੌਕੇ ਸ਼ਮੂਲੀਅਤ ਕਰਦਿਆਂ ਵੱਧ ਤੋਂ ਵੱਧ ਲਾਹਾ ਲਿਆ ਜਾਵੇ।