– ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਵਿੱਚ ਝੋਨੇ ਦੀ ਚੱਲ ਰਹੀ ਖਰੀਦ ਦਾ ਲਿਆ ਜਾਇਜਾ
– ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਹੁਣ ਤੱਕ 6,78,702 ਮੀਟਰਕ ਟਨ ਝੋਨੇ ਦੀ ਕੀਤੀ ਖਰੀਦ
-ਕਿਹਾ ਕਿ ਹੁਣ ਤੱਕ ਕਿਸਾਨਾਂ ਨੂੰ ਝੋਨੇ ਦੀ 706 ਕਰੋੜ ਰੁਪਏ ਦੀ ਕੀਤੀ ਗਈ ਅਦਾਇਗੀ
ਖੰਨਾ (ਲੁਧਿਆਣਾ), 9 ਅਕਤੂਬਰ (000)
ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਸਹੂਲਤ ਲਈ ਚੱਲ ਰਹੇ ਝੋਨੇ ਦੇ ਸੀਜ਼ਨ ਵਿੱਚ ਝੋਨੇ ਦੀ ਨਿਰਵਿਘਨ ਅਤੇ ਸੁਚਾਰੂ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਸੂਬਾ ਸਰਕਾਰ ਝੋਨੇ ਦੇ ਖਰੀਦ ਸੀਜਨ ਦੌਰਾਨ ਕਿਸਾਨਾਂ ਦੀ ਉਪਜ ਦੇ ਇੱਕ-ਇੱਕ ਦਾਣੇ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਖਰੀਦ ਕੇ ਉਸ ਦੀ ਲਿਫਟਿੰਗ ਨੂੰ ਯਕੀਨੀ ਬਣਾਏਗੀ।
ਇਹ ਪ੍ਰਗਟਾਵਾ ਪੰਜਾਬ ਦੇ ਖੁਰਾਕ, ਸਿਵਲ ਸਪਲਾਈ, ਖ਼ਪਤਕਾਰ ਮਾਮਲੇ ਅਤੇ ਜੰਗਲਾਤ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਵਿੱਚ ਝੋਨੇ ਦੀ ਚੱਲ ਰਹੀ ਖਰੀਦ ਦਾ ਜਾਇਜਾ ਲੈਣ ਮੌਕੇ ਕੀਤਾ। ਇਸ ਮੌਕੇ ਉਹਨਾਂ ਦੇ ਨਾਲ ਵਿਧਾਨ ਸਭਾ ਹਲਕਾ ਖੰਨਾ ਦੇ ਵਿਧਾਇਕ ਸ੍ਰੀ ਤਰੁਨਪ੍ਰੀਤ ਸਿੰਘ ਸੌਦ ਵੀ ਸ਼ਾਮਲ ਸਨ।
ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੂਰੇ ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ ਹੁਣ ਤੱਕ ਸਰਕਾਰੀ ਖਰੀਦ ਏਜੰਸੀਆਂ ਵੱਲੋਂ 6,78,702 ਮੀਟਰਕ ਟਨ ਝੋਨੇ ਦੀ ਖਰੀਦ ਵੀ ਕੀਤੀ ਜਾ ਚੁੱਕੀ ਹੈ, ਜਦਕਿ ਪਿਛਲੇ ਸਾਲ ਇਹ ਅੰਕੜਾ 5,14,907 ਮੀਟਰਕ ਟਨ ਸੀ। ਉਹਨਾਂ ਕਿਹਾ ਕਿ ਹੁਣ ਤੱਕ ਕਿਸਾਨਾਂ ਨੂੰ ਝੋਨੇ ਦੀ 706 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ।
ਸ੍ਰੀ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਹ ਯਕੀਨੀ ਬਣਾਉਣ ਲਈ ਵਿਆਪਕ ਪ੍ਰਬੰਧ ਕੀਤੇ ਹਨ ਕਿ ਕਿਸਾਨਾਂ ਦੀ ਫ਼ਸਲ ਅਨਾਜ ਮੰਡੀਆਂ ਵਿੱਚੋਂ ਤੁਰੰਤ ਚੁੱਕ ਲਈ ਜਾਵੇ ਅਤੇ ਕਿਸਾਨਾਂ ਨੂੰ ਆਪਣੀ ਉਪਜ ਵੇਚਣ ਵੇਲੇ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਕਿਹਾ ਕਿ ਸਾਰੇ ਜਿ਼ਲ੍ਹਿਆਂ ਦੇ ਡਿਪਟੀ ਕਮਿਸ਼ਨਰ, ਉਪ-ਮੰਡਲ ਮੈਜਿਸਟ੍ਰੇਟ ਅਤੇ ਸਾਰੀਆਂ ਖਰੀਦ ਏਜੰਸੀਆਂ ਦੇ ਮੁਖੀਆਂ ਨੂੰ ਝੋਨੇ ਦੀ ਖਰੀਦ ਦੇ ਕੰਮਾਂ ਦੀ ਨਿਗਰਾਨੀ ਕਰਨ ਲਈ ਆਦੇਸ਼ ਜ਼ਾਰੀ ਕੀਤੇ ਹੋਏ ਹਨ, ਤਾਂ ਜੋ ਪੰਜਾਬ ਦੇ ਕਿਸਾਨਾਂ ਨੂੰ ਝੋਨਾ ਵੇਚਣ ਵੇਲੇ ਕਿਸੇ ਕਿਸਮ ਦੀ ਕੋਈ ਮੁਸ਼ਿਕਲ ਪੇਸ਼ ਨਾ ਆਵੇ। ਉਹਨਾਂ ਕਿਹਾ ਕਿ ਕਿਸਾਨਾਂ ਤੋਂ ਖਰੀਦ ਕੀਤੇ ਗਏ ਝੋਨੇ ਦੀ ਅਦਾਇਗੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 48 ਘੰਟਿਆਂ ਦੇ ਅੰਦਰ-ਅੰਦਰ ਕੀਤੀ ਜਾ ਰਹੀ ਹੈ। ਉਹਨਾਂ ਆੜਤੀਆਂ ਨੂੰ ਵੀ ਭਰੋਸਾ ਦਿਵਾਇਆ ਕਿ ਝੋਨੇ ਦੀ ਢੋਆ ਢੋਆਈ ਅਤੇ ਸਟੋਰੇਜ਼ ਵਿੱਚ ਵੀ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।
ਕੈਬਨਿਟ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਨੇ 1 ਲੱਖ, 22 ਹਜਾਰ ਤੋਂ ਵੱਧ ਪਰਾਲੀ ਸਾਂਭਣ ਵਾਲੀਆਂ ਮਸੀਨਾਂ ਸਬਸਿਡੀ ਉੱਤੇ ਦਿੱਤੀਆ ਹਨ ਅਤੇ ਛੋਟੇ ਕਿਸਾਨਾਂ ਲਈ ਵੀ ਪ੍ਰਬੰਧ ਕੀਤੇ ਗਏ ਹਨ। ਪੰਜਾਬ ਵਿੱਚ ਵਾਤਾਵਰਣ ਬਚਾਉਣ ਸਬੰਧੀ ਜਾਗਰੂਕ ਮੁਹਿੰਮ ਵੀ ਚਲਾ ਰਹੇ ਹਾਂ। ਉਹਨਾਂ ਪੰਜਾਬ ਦੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਗੁਰੇਜ਼ ਕਰਨ ਦੀ ਅਪੀਲ ਵੀ ਕੀਤੀ ਤਾਂ ਜੋ ਪੰਜਾਬ ਦਾ ਵਾਤਾਵਰਣ ਪ੍ਰਦੂਸਿਤ ਹੋਣ ਤੋਂ ਬਚ ਸਕੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ.ਐਸ.ਪੀ. ਖੰਨਾ ਸ੍ਰੀ ਦਾਮਿਆ ਹਰੀਸ ਕੁਮਾਰ ਓਮ ਪ੍ਰਕਾਸ, ਵਧੀਕ ਡਿਪਟੀ ਕਮਿਸਨਰ ਖੰਨਾ ਸ੍ਰੀ ਅਮਰਜੀਤ ਬੈਸ, ਉਪ ਮੰਡਲ ਮੈਜਿਸਟੇ੍ਰਟ ਸ੍ਰੀਮਤੀ ਮਨਜੀਤ ਕੌਰ, ਜਿਲਾ ਖੁਰਾਕ ਸਪਲਾਈ ਕੰਟਰੋਲਰ (ਪੂਰਬੀ) ਸ੍ਰੀਮਤੀ ਸਿਫਾਲੀ ਚੋਪੜਾ,ਪ੍ਰਧਾਨ ਆੜਤੀਆ ਐਸੋਸੀਏਸਨ ਖੰਨਾ ਸ੍ਰ. ਹਰਬੰਸ ਸਿੰਘ ਰੋਸਾ, ਪ੍ਰਧਾਨ ਸੈਲਰ ਐਸੋਸੀਏਸਨ ਖੰਨਾ ਸ੍ਰੀ ਗੁਰਦਿਆਲ ਸਿੰਘ, ਜਿਲਾ ਮੰਡੀ ਅਫਸਰ ਲੁਧਿਆਣਾ ਸ੍ਰੀ ਬੀਰ ਇੰਦਰ ਸਿੰਘ ਸਿੱਧੂ, ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।