ਚੰਡੀਗੜ੍ਹ/ ਐਸ. ਏ. ਐਸ ਨਗਰ, 8 ਅਗਸਤ:
ਸੂਬੇ ਦੀ ਭਗਵੰਤ ਮਾਨ ਸਰਕਾਰ ਵਲੋਂ ਬੇਰੋਜ਼ਗਾਰ ਨੌਜ਼ਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਦੇ ਅਧਾਰ ‘ਤੇ ਸਰਕਾਰੀ ਨੌਕਰੀਆਂ ਪ੍ਰਦਾਨ ਕਰਨ ਲਈ ਸਾਰੇ ਵਿਭਾਗਾਂ ਵਿਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਜਾਰੀ ਕੀਤੇ ਗਏ ਹਨ। ਅੱਜ ਇੱਥੇ ਵਿਕਾਸ ਭਵਨ ਵਿਖੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ 43 ਨਵਨਿਯੁਕਤ ਡਰਾਫਟਮੈਨਾ ਨੂੰ ਨਿਯੁਕਤੀ ਪੱਤਰ ਪ੍ਰਦਾਨ ਕਰਨ ਮੌਕੇ ਕਿਹਾ ਕਿ ਪਹਿਲੀਆਂ ਸਰਕਾਰਾਂ ਦੀ ਲਾਪ੍ਰਵਾਹੀ ਅਤੇ ਨਿੱਜਪ੍ਰਸਤੀ ਕਾਰਨ ਸੂਬੇ ਦੇ ਹੋਣਹਾਰ ਨੌਜ਼ਵਾਨਾਂ ਨੂੰ ਸਰਾਕਰੀ ਨੌਕਰੀਆਂ ਨਹੀਂ ਮਿਲ ਸਕੀਆਂ। ਉਨ੍ਹਾਂ ਕਿਹਾ ਕਿ ਜਿਸ ਕਾਰਨ ਆਮ ਲੋਕਾਂ ਨੂੰ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਵਿਚ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਨੌਜ਼ਵਾਨ ਬੇਰੁਜ਼ਗਾਰੀ ਦੇ ਆਲਮ ਵਿਚੋਂ ਗੁਜ਼ਰ ਰਹੇ ਹਨ।
ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਆਮ ਲੋਕਾਂ ਨੂੰ ਵਧੀਆ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਲਈ ਬੜੀ ਤੇਜ਼ੀ ਨਾਲ ਸਰਕਾਰੀ ਵਿਭਾਗਾਂ ਵਿਚ ਖਾਲੀ ਅਸਾਮੀਆਂ ਭਰਨ ਦੀ ਕਾਰਵਾਈ ਚੱਲ ਰਹੀ ਹੈ ਅਤੇ ਹਰ ਵਿਭਾਗ ਵਿਚ ਪੂਰੀ ਸਮਰੱਥਾ ਅਨੁਸਾਰ ਖਾਲੀ ਅਸਾਮੀਆਂ ਜਲਦ ਤੋਂ ਜਲਦ ਭਰੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਕਈ ਵਿਭਾਗਾਂ ਦੀਆਂ ਖਾਲੀ ਅਸਾਮੀਆਂ ਦੀਆਂ ਭਰਤੀਆਂ ਵਿਚ ਕਾਨੂੰਨੀ ਅੜਚਨਾ ਨੂੰ ਵੀ ਮਾਹਿਰਾਂ ਦੀ ਰਾਏ ਲੈ ਕੇ ਦੂਰ ਕੀਤਾ ਜਾ ਰਿਹਾ ਹੈ।
ਪੈਂਡੂ ਵਿਕਾਸ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਸਾਰੀਆਂ ਭਰਤੀਆਂ ਮੈਰਿਟ ਦੇ ਅਧਾਰ ‘ਤੇ ਅਕਾਦਮਿਕ ਯੋਗਤਾ ਅਨੁਸਾਰ ਬਿਨਾਂ ਕਿਸੇ ਭੇਦਭਾਵ ਦੇ ਭਰੀਆਂ ਜਾਣਗੀਆਂ। ਇਸ ਤੋਂ ਪਹਿਲਾਂ ਨਵਨਿਯੁਕਤ 43 ਡਰਾਫਟਸਮੈਨਾਂ ਨੂੰ ਵਧਾਈ ਦਿੰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਇਮਾਨਦਾਰੀ ਅਤੇ ਸੇਵਾ ਭਾਵਨਾ ਨਾਲ ਆਪਣੀ ਡਿਊਟੀ ਨਿਭਾਉਣ ਤਾਂ ਜੋ ਲੋਕਾਂ ਨੂੰ ਜਲਦ ਤੋਂ ਜਲਦ ਸਰਾਕਰੀ ਸੇਵਾਵਾਂ ਮਿਲ ਸਕਣ।