ਸਿੱਖਿਆ ਮੰਤਰੀ ਨੇ ਰੋਪੜ, ਫਤਹਿਗੜ੍ਹ ਸਾਹਿਬ ਅਤੇ ਮੋਹਾਲੀ ਜ਼ਿਲ੍ਹਿਆਂ ਵਿੱਚ ਦਾਖਲਾ ਵੈਨਾਂ ਨੂੰ ਦਿਖਾਈ ਹਰੀ ਝੰਡੀ
ਚੰਡੀਗੜ੍ਹ, 22 ਫ਼ਰਵਰੀ :
ਪੰਜਾਬ ਰਾਜ ਦੇ ਸਰਕਾਰੀ ਸਕੂਲ ਵਿੱਚ ਦਾਖਲੇ ਵਧਾਉਣ ਲਈ ਸ਼ੁਰੂ ਕੀਤੀ ਗਈ ਦਾਖਲਾ ਮੁਹਿੰਮ-2023′ ਦਾ ਆਗਾਜ਼ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਰੋਪੜ, ਫਤਹਿਗੜ੍ਹ ਸਾਹਿਬ ਅਤੇ ਮੋਹਾਲੀ ਜ਼ਿਲ੍ਹਿਆਂ ਵਿੱਚ ਖੁਦ ਪਹੁੰਚਕੇ ਦਾਖਲਾ ਵੈਨਾਂ ਨੂੰ ਹਰੀ ਝੰਡੀ ਦਿਖਾਈ।ਇਹ ਮੁਹਿੰਮ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਸ਼ੁਰੂ ਕੀਤੀ ਗਈ ਹੈ।
ਇਸ ਮੁਹਿੰਮ ਬਾਰੇ ਜਾਣਕਾਰੀ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਬੈਂਸ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਦੀ ਸਿੱਖਿਆ ਵਿੱਚ ਗੁਣਾਤਮਿਕ ਸੁਧਾਰ ਅਤੇ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਲਈ ਗੰਭੀਰਤਾ ਨਾਲ ਯਤਨ ਕੀਤੇ ਜਾ ਰਹੇ ਹਨ ਅਤੇ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਵਿੱਚ ਪੜ੍ਹਣ ਵਾਲੇ ਲੱਖਾਂ ਵਿਦਿਆਰਥੀਆਂ ਦੇ ਭਵਿੱਖ ਨੂੰ ਸ਼ਾਨਦਾਰ ਬਣਾਉਣ ਵਾਸਤੇ ਯਤਨਸ਼ੀਲ ਹੈ।
ਉਹਨਾਂ ਕਿਹਾ ਕਿ ਮਾਪਿਆਂ ਦਾ ਸਰਕਾਰੀ ਸਕੂਲਾਂ ਪ੍ਰਤੀ ਵਿਸ਼ਵਾਸ ਬਹਾਲ ਕਰਕੇ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਵਧਾਉਣਾ ਸਰਕਾਰ ਦਾ ਮਿਸ਼ਨ ਹੈ ਜਿਸਦੀ ਪੂਰਤੀ ਵਾਸਤੇ ਦਾਖਲਾ ਮੁਹਿੰਮ-2023′ ਦੀ ਸ਼ੁਰੂਆਤ ਕੀਤੀ ਗਈ ਹੈ।
ਸ. ਬੈਂਸ ਨੇ ਵੇਰਵੇ ਦਿੰਦਿਆਂ ਕਿਹਾ ਕਿ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਸਿੱਖਿਆ ਵਿਭਾਗ ਵੱਲੋ ਮੋਬਾਇਲ ਵੈਨਾਂ ਰਾਹੀਂ ਦਾਖਲਾ ਮੁਹਿੰਮ ਦੇ ਪ੍ਰਚਾਰ-ਪ੍ਰਸਾਰ ਅਤੇ ਲੋਕ ਜਾਗਰੂਕਤਾ ਪੈਦਾ ਕਰਨ ਵਾਸਤੇ ਦੋ ਦਿਨ (ਵੱਡੇ ਜ਼ਿਲ੍ਹਿਆਂ ਵਿੱਚ ਤਿੰਨ ਦਿਨ) ਦਾ ਪ੍ਰੋਗਰਾਮ ਉਲੀਕਿਆ ਗਿਆ ਹੈ ਜਿਸ ਵਿੱਚ ਮਾਪਿਆਂ ਦੀ ਹਾਜਰੀ ਯਕੀਨੀ ਬਣਾਉਣ ਸਮੇਤ ਮੁਹਿੰਮ ਨੂੰ ਸਫਲ ਬਣਾਉਣ ਵਾਸਤੇ ਵੱਖ ਵੱਖ ਤਰ੍ਹਾਂ ਦੀ ਯੋਜਨਾਬੰਦੀ ਕੀਤੀ ਗਈ ਹੈ।
ਸ. ਹਰਜੋਤ ਸਿੰਘ ਬੈਂਸ ਨੇ ਉਮੀਦ ਜਤਾਈ ਕਿ ਪੰਜਾਬ ਦੇ ਸਰਕਾਰੀ ਸਕੂਲ ਸਿੱਖਿਆ ਪ੍ਰਬੰਧ ਨੂੰ ਮਜ਼ਬੂਤ ਕਰਨ ਵਾਸਤੇ ਸਮੂਹ ਅਧਿਆਪਕ, ਵਿਭਾਗੀ ਅਧਿਕਾਰੀ ਅਤੇ ਮਾਪੇ ਸਹਿਯੋਗ ਦੇਣਗੇ।