ਲੁਧਿਆਣਾ, 9 ਦਸੰਬਰ: ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਸੋਮਵਾਰ ਨੂੰ ਐਸ.ਆਰ.ਐਸ ਸਰਕਾਰੀ ਪੋਲੀਟੈਕਨਿਕ ਕਾਲਜ ਫਾਰ ਗਰਲਜ਼ ਵਿਖੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐਮ) ਦੀ ਫਸਟ ਲੈਵਲ ਚੈਕਿੰਗ (ਐਫ.ਐਲ.ਸੀ) ਦਾ ਨਿਰੀਖਣ ਕੀਤਾ।
ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਅਮਰਜੀਤ ਬੈਂਸ ਦੇ ਨਾਲ ਡਿਪਟੀ ਕਮਿਸ਼ਨਰ ਨੇ ਨਗਰ ਨਿਗਮ ਲੁਧਿਆਣਾ ਅਤੇ ਨਗਰ ਕੌਂਸਲਾਂ ਦੀਆਂ ਚੋਣਾਂ ਦੌਰਾਨ ਵਰਤੀਆਂ ਜਾਣ ਵਾਲੀਆਂ ਮਸ਼ੀਨਾਂ ਲਈ ਐਫ.ਐਲ.ਸੀ ਪ੍ਰਕਿਰਿਆ ਦਾ ਜਾਇਜ਼ਾ ਲਿਆ। ਨਿਰੀਖਣ ਦੌਰਾਨ ਉਨ੍ਹਾਂ ਨੇ ਇਲੈਕਟ੍ਰਾਨਿਕ ਕਾਰਪੋਰੇਸ਼ਨ ਆਫ ਇੰਡੀਆ ਲਿਮਟਿਡ (ਈ.ਸੀ.ਆਈ.ਐਲ), ਹੈਦਰਾਬਾਦ ਦੇ ਇੰਜੀਨੀਅਰਾਂ ਨਾਲ ਵਿਸਤ੍ਰਿਤ ਚਰਚਾ ਕੀਤੀ, ਜੋ ਕਿ ਇਹਨਾਂ ਮਸ਼ੀਨਾਂ ਨੂੰ ਤਿਆਰ ਕਰਨ ਲਈ ਜ਼ਿੰਮੇਵਾਰ ਹਨ।
ਡਿਪਟੀ ਕਮਿਸ਼ਨਰ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਨਿਰੀਖਣ ਦਾ ਮੁੱਖ ਟੀਚਾ ਪੋਲਿੰਗ ਪ੍ਰਕਿਰਿਆ ਨੂੰ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨਾ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਸਾਰੀਆਂ ਮਸ਼ੀਨਾਂ ਦੀ ਵਰਤੋਂ ਕਰੇਗਾ ਅਤੇ ਭਰੋਸਾ ਦਿਵਾਇਆ ਕਿ ਚੋਣਾਂ ਲਈ ਨਿਰਧਾਰਤ ਲਗਭਗ 1,865 ਬੈਲਟ ਯੂਨਿਟਾਂ ਅਤੇ 1,790 ਕੰਟਰੋਲ ਯੂਨਿਟਾਂ ਦੀ ਮੁਕੰਮਲ ਚੈਕਿੰਗ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਮੁਕੰਮਲ ਕਰ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਅਭਿਆਸ ਨਿਰਵਿਘਨ ਅਤੇ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਬਹੁਤ ਜ਼ਰੂਰੀ ਹੈ।
ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਐਫ.ਐਲ.ਸੀ 11 ਦਸੰਬਰ ਤੱਕ ਮੁਕੰਮਲ ਹੋਣ ਦੀ ਉਮੀਦ ਹੈ ਅਤੇ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਇਸ ਪ੍ਰਕਿਰਿਆ ਦੇ ਮੁਕੰਮਲ ਹੋਣ ਦੌਰਾਨ ਸੁਰੱਖਿਆ ਦੇ ਢੁਕਵੇਂ ਪ੍ਰਬੰਧ ਕੀਤੇ ਗਏ ਹਨ। ਨਿਰੀਖਣ ਉਪਰੰਤ ਉਨ੍ਹਾਂ ਕਾਲਜ ਵਿਖੇ ਸਥਾਪਿਤ ਸਟਰਾਂਗ ਰੂਮ ਦਾ ਵੀ ਜਾਇਜ਼ਾ ਲਿਆ।
Read Time:2 Minute, 13 Second