ਕਣਕ ਦੀ ਮੁੜ ਵਿਕਰੀ ‘ਤੇ ਪਾਬੰਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਮਿਸਾਲੀ ਕਾਰਵਾਈ; ਉਲੰਘਣਾ ਕਰਨ ਵਾਲਿਆਂ ਨੂੰ ਫੜਨ ਵਿੱਚ ਸਹਾਇਤਾ ਲਈ ਜਨਤਾ ਨੂੰ ਅਪੀਲ
ਚੰਡੀਗੜ: ਪੰਜਾਬ ਸਰਕਾਰ ਨੇ ਦੂਜੇ ਰਾਜਾਂ ਤੋਂ ਸਸਤੇ ਭਾਅ ‘ਤੇ ਕਣਕ ਖਰੀਦਣ ਅਤੇ ਘੱਟੋ-ਘੱਟ ਸਮਰਥਨ ਮੁੱਲ ‘ਤੇ ਪੰਜਾਬ ਵਿੱਚ ਦੁਬਾਰਾ ਵੇਚਣ ਦੀ ਕੋਸ਼ਿਸ਼ ਕਰਨ ਵਾਲੇ ਸ਼ਰਾਰਤੀ ਅਨਸਰਾਂ ‘ਤੇ ਸਖਤ ਕਾਰਵਾਈ ਕਰਨ ਦਾ ਫੈਸਲਾ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਘੱਟੋ-ਘੱਟ ਸਮਰਥਨ ਮੁੱਲ ਕਿਸਾਨਾਂ ਲਈ ਹੈ ਨਾ ਕਿ ਉਨਾਂ ਵਪਾਰੀਆਂ ਲਈ ਜੋ ਕਿਸਾਨਾਂ ਦਾ ਅਨਾਜ ਪਹਿਲਾਂ ਮਹਿੰਗੇ ਭਾਅ ‘ਤੇ ਖਰੀਦ ਕੇ ਫਿਰ ਮੰਡੀ ‘ਚ ਵੇਚ ਕੇ ਮੋਟਾ ਮੁਨਾਫਾ ਕਮਾਉਂਦੇ ਹਨ। ਉਨਾਂ ਕਿਹਾ ਕਿ ਇਹ ਕੀਮਤੀ ਸਰਕਾਰੀ ਫੰਡਾਂ ਅਤੇ ਟੈਕਸਦਾਤਾਵਾਂ ਦੇ ਪੈਸੇ ਦੀ ਸੰਗਠਿਤ ਲੁੱਟ ਤੋਂ ਇਲਾਵਾ ਹੋਰ ਕੁਝ ਨਹੀਂ ਹੈ।ਮੰਤਰੀ ਨੇ ਅੱਗੇ ਕਿਹਾ ਕਿ ਪੁਲਿਸ ਦੇ ਡਾਇਰੈਕਟਰ ਜਨਰਲ ਨੂੰ ਪੰਜਾਬ ਦੀ ਸਰਹੱਦ ‘ਤੇ ਨਾਕੇ ਲਗਾਉਣ ਅਤੇ ਸੂਬੇ ਵਿੱਚ ਦਾਖਲ ਹੋਣ ਵਾਲੇ ਸਾਰੇ ਕਣਕ ਨਾਲ ਭਰੇ ਟਰੱਕਾਂ ਦੀ ਜਾਂਚ ਕਰਨ ਲਈ ਕਿਹਾ ਗਿਆ ਹੈ। ਉਨਾਂ ਕਿਹਾ ਕਿ ਜਿੱਥੇ ਕਿਤੇ ਵੀ ਕੋਈ ਬੇਈਮਾਨ ਤੱਤ ਪਾਇਆ ਜਾਂਦਾ ਹੈ, ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨਾਂ ਸਮੂਹ ਕਿਸਾਨਾਂ, ਗੈਰ-ਸਰਕਾਰੀ ਸੰਸਥਾਵਾਂ ਅਤੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਗੈਰ-ਕਾਨੂੰਨੀ ਢੰਗ ਨਾਲ ਕਣਕ ਵੇਚਣ ਦੀ ਕੋਸ਼ਿਸ਼ ਕਰਨ ਵਾਲੇ ਕਿਸੇ ਵੀ ਵਿਅਕਤੀ ਦੀ ਪਛਾਣ ਕਰਨ ਵਿੱਚ ਸੂਬਾ ਸਰਕਾਰ ਦਾ ਸਹਿਯੋਗ ਕਰਨ।ਆਗਾਮੀ ਕਣਕ ਦੇ ਸੀਜਨ ਦੀਆਂ ਤਿਆਰੀਆਂ ਬਾਰੇ ਕਟਾਰੂਚੱਕ ਨੇ ਕਿਹਾ ਕਿ ਸਾਰੇ ਪ੍ਰਬੰਧ ਮੁਕੰਮਲ ਹਨ ਅਤੇ 2300 ਤੋਂ ਵੱਧ ਮੰਡੀਆਂ ਪਹਿਲੀ ਅਪਰੈਲ ਤੋਂ ਕਿਸਾਨਾਂ ਦੀ ਆਮਦ ਲਈ ਤਿਆਰ ਹਨ। ਉਨਾਂ ਕਿਹਾ ਕਿ ਸੂਬੇ ਨੂੰ ਬਾਰਦਾਨੇ ਦੀ ਕਾਫੀ ਮਾਤਰਾ ਪ੍ਰਾਪਤ ਹੋਈ ਹੈ ਅਤੇ ਟਰਾਂਸਪੋਰਟੇਸ਼ਨ ਅਤੇ ਲੇਬਰ ਦੇ ਪ੍ਰਬੰਧ ਵੀ ਕੀਤੇ ਜਾ ਰਹੇ ਹਨ।ਕਟਾਰੂਚੱਕ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੁੱਕਾ ਪੱਕਾ ਅਨਾਜ ਮੰਡੀ ਵਿੱਚ ਪਹੁੰਚਾਉਣ ਤਾਂ ਜੋ ਖਰੀਦ ਤੋਂ ਪਹਿਲਾਂ ਇਸ ਨੂੰ ਸੁਕਾਉਣ ਵਿੱਚ ਸਮਾਂ ਬਰਬਾਦ ਨਾ ਹੋਵੇ। ਉਨਾਂ ਕਿਹਾ ਕਿ ਕਿਸਾਨ ਦੀ ਫਸਲ ਦਾ ਦਾਣਾ-ਦਾਣਾ ਸਰਕਾਰ ਖਰੀਦੇਗੀ ਅਤੇ ਉਹਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।